Punjab News: ਪੰਜਾਬ ਦੇ ਮੱਦਿਆਂ ਬਾਰੇ ਇੱਕ ਨਵੰਬਰ ਨੂੰ ਹੋ ਰਹੀ ਬਹਿਸ ਨੂੰ ਲੈ ਕੇ ਪੰਜਾਬ ਦਾ ਸਿਆਸੀ ਪਾਰਾ ਚੜ੍ਹਿਆ ਹੋਇਆ ਹੈ। ਇੱਕ ਪਾਸੇ ਵਿਰੋਧੀ ਧਿਰਾਂ ਭਗਵੰਤ ਮਾਨ ਸਰਕਾਰ ਨੂੰ ਘੇਰ ਰਹੀਆਂ ਹਨ ਤਾਂ ਦੂਜੇ ਪਾਸੇ ਸੱਤਾ ਧਿਰ ਆਮ ਆਦਮੀ ਪਾਰਟੀ ਵਿਰੋਧੀਆਂ ਨੂੰ ਵੰਗਾਰ ਰਹੀ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਸਰਕਾਰ ਉਪਰ ਹਮਲਾ ਬੋਲਿਆਂ ਤਾਂ ਅੱਗੇ ਆਮ ਆਦਮੀ ਪਾਰਟੀ ਨੇ ਤਿੱਖਾ ਜਵਾਬ ਦਿੱਤਾ ਹੈ।
‘ਆਪ’ ਪੰਜਾਬ ਨੇ ਆਪਣੇ ਐਕਸ ਹੈਂਡਲ ‘ਤੇ ਮਜੀਠੀਆ ਨੂੰ ਜਵਾਬ ਦਿੰਦਿਆਂ ਕਿਹਾ…. ਸਾਰੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ‘ਚ ਧੱਕਣ ਵਾਲੇ ਤੇ ਨਸ਼ਾ ਤਸਕਰੀ ਦੇ ਕੇਸ ‘ਚ ਜਮਾਨਤ ‘ਤੇ ਚੱਲ ਰਿਹਾ ਬੰਦਾ ਤਾਂ ਘੱਟੋ-ਘੱਟ ਪੰਜਾਬ ਦੇ ਭਲੇ ਜਾਂ ਪੰਜਾਬ ਦੀ ਕਾਨੂੰਨੀ ਵਿਵਸਥਾ ਬਾਰੇ ਕੋਈ ਗੱਲ ਨਾ ਹੀ ਕਰੇ। ਉਧਰ, ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਪਾਰਟੀ ਵੱਲੋਂ ਮੁੱਖ ਮੰਤਰੀ ਨੂੰ ਬਹਿਸ ਸਬੰਧੀ ਸਵਾਲ ਪੁੱਛੇ ਗਏ ਹਨ ਜਿਨ੍ਹਾਂ ਬਾਰੇ ਮੁੱਖ ਮੰਤਰੀ ਜਾਂ ਸਰਕਾਰ ਵੱਲੋਂ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਗਿਆ। ਅਕਾਲੀ ਆਗੂ ਨੇ ਕਿਹਾ ਕਿ ਜਦੋਂ ਵਿਰੋਧੀ ਪਾਰਟੀਆਂ ਦੇ ਤੌਖਲਿਆਂ ਸਬੰਧੀ ਸਰਕਾਰ ਪਹਿਲਾਂ ਹੀ ਜਵਾਬ ਦੇਣ ਤੋਂ ਭੱਜ ਰਹੀ ਹੈ ਤਾਂ ਬਹਿਸ ਮੌਕੇ ਸਵਾਲਾਂ ਦੇ ਸਹੀ ਜਵਾਬ ਦੇਣ ਜਾਂ ਬਹਿਸ ਦੇ ਉਸਾਰੂ ਹੋਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਹਾਲ ਦੀ ਘੜੀ ਸਰਕਾਰ ਦੇ ਜਵਾਬ ਦਾ ਇੰਤਜ਼ਾਰ ਹੈ।
ਅਕਾਲੀ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ ਲੁਧਿਆਣਾ ਸ਼ਹਿਰ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਬਹਿਸ ਵਿੱਚ ਹਰੇਕ ਪੰਜਾਬੀ ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਜਦੋਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਤਾਂ ਮੁੱਖ ਮੰਤਰੀ ਵੱਲੋਂ ਬੁਲਾਈ ਗਈ ਬਹਿਸ ਇੱਕਪਾਸੜ ਹੋ ਸਕਦੀ ਹੈ।